top of page
  • globalnewsnetin

ਦਵਾਈਆਂ ਦੀਆਂ ਵੱਧ ਕੀਮਤਾਂ ਬਾਰੇ ਕੇਂਦਰ ਨੂੰ ਪੱਤਰ ਲਿਖਣ ਦਾ ਫ਼ੈਸਲਾ


ਚੰਡੀਗੜ੍ਹ, : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਸੱਦੀ ਗਈ ਅਹਿਮ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਅਥਾਹ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਹੇਠ ਲਿਆਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਪੱਤਰ ਲਿਖੇਗੀ।

ਵਿਧਾਨ ਸਭਾ ਸਪੀਕਰ ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ ਹੈ ਅਤੇ ਮੌਜੂਦਾ ਤੰਤਰ ਵਿੱਚ ਕਾਨੂੰਨਨ ਮਰੀਜ਼ਾਂ ਦੀ ਲੁੱਟ ਹੋ ਰਹੀ ਹੈ ਅਤੇ ਇਹ ਲੁੱਟ "ਲਾਇਸੈਂਸਡ ਲੁੱਟ" ਹੈ। ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਣ ਕਰਕੇ ਇਹ ਮੁੱਦਾ ਬੜਾ ਸੰਵੇਦਨਸ਼ੀਲ ਹੈ ਅਤੇ ਇਸ ਮੁੱਦੇ ਦਾ ਤੁਰੰਤ ਹੱਲ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁੱਦੇ 'ਤੇ ਤੁਰੰਤ ਗ਼ੌਰ ਕਰੇ ਅਤੇ ਕਾਨੂੰਨ ਵਿੱਚ ਸੋਧ ਕਰਕੇ ਮਰੀਜ਼ਾਂ ਨਾਲ ਹੋ ਰੇ ਧੱਕੇ ਨੂੰ ਰੋਕਿਆ ਜਾਵੇ।

ਮੀਟਿੰਗ ਦੌਰਾਨ ਵੱਖ-ਵੱਖ ਵਿਧਾਇਕਾਂ, ਸਿਹਤ ਮਾਹਰਾਂ ਤੇ ਡਾਕਟਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਸੰਬੋਧਨ ਦੌਰਾਨ ਦਵਾਈਆਂ ਦੀਆਂ ਅਸਲ ਤੇ ਐਮ.ਆਰ.ਪੀ. ਕੀਮਤਾਂ ਵਿੱਚ 90 ਫ਼ੀਸਦੀ ਤੱਕ ਦੇ ਫ਼ਰਕ ਨੂੰ ਸਬੂਤਾਂ ਸਮੇਤ ਜੱਗ ਜ਼ਾਹਰ ਕੀਤਾ ਗਿਆ।


ਇਸ ਮੁੱਦੇ 'ਤੇ ਬੋਲਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਚੀਬੱਧ ਕੀਤੀਆਂ ਜ਼ਿੰਦਗੀ ਬਚਾਊ 388 ਦਵਾਈਆਂ ਦੀਆਂ ਕੀਮਤਾਂ ਕੰਟਰੋਲ ਹੇਠ ਹਨ ਪਰ ਹਜ਼ਾਰਾਂ ਦੀ ਗਿਣਤੀ ਵਿੱਚ ਮੌਜੂਦ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਵਿੱਚ ਬਹੁਤ ਫ਼ਰਕ ਹੈ ਜਿਸ ਨਾਲ ਮਰੀਜ਼ਾਂ ਦੀ ਭਾਰੀ ਲੁੱਟ ਹੁੰਦੀ ਹੈ। ਉਨ੍ਹਾਂ ਕਿਹਾ ਕਿ ਫ਼ਾਰਮਾਸਿਊਟੀਕਲ ਰਿਸਰਚ ਦਾ ਖੇਤਰ ਕਾਰੋਬਾਰ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿੱਚ ਹਮਦਰਦੀ ਨਾਮ ਦੀ ਕੋਈ ਚੀਜ਼ ਮੌਜੂਦ ਨਹੀਂ। ਪਰ ਕਿਉਂ ਜੋ ਸਿਹਤ ਰਾਜ ਦਾ ਵਿਸ਼ਾ ਹੈ ਅਤੇ ਲੋਕਾਂ ਦਾ ਮੌਲਿਕ ਅਧਿਕਾਰ ਹੈ ਇਸ ਲਈ ਸੂਬਾ ਸਰਕਾਰ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਨੱਥ ਪਾਉਣ ਲਈ ਕੇਂਦਰ ਸਰਕਾਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਪੱਤਰ ਲਿਖੇਗੀ।

0 comments

Comments


bottom of page