- globalnewsnetin
5ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 7 ਜਨਵਰੀ ਤੋਂ ਮੁੜ ਖੁੱਲਣਗੇ ਸਕੂਲ: ਵਿਜੈ ਇੰਦਰ ਸਿੰਗਲਾ

ਚੰਡੀਗੜ, : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮਾਪਿਆਂ ਦੀ ਪੜਾਈ ਸਬੰਧੀ ਫਿਕਰਮੰਦੀ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 7 ਜਨਵਰੀ ਤੋਂ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁੜ ਖੋਲਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਰਹੇਗਾ ਅਤੇ ਸਿਰਫ਼ ਪੰਜਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੀ ਸਕੂਲਾਂ ਵਿੱਚ ਆ ਕੇ ਕਲਾਸਾਂ ਲਾਉਣ ਦੀ ਆਗਿਆ ਦਿੱਤੀ ਜਾਵੇਗੀ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਹਿਮਤੀ ਦਿੰਦੇ ਹੋਏ ਸਿੱਖਿਆ ਵਿਭਾਗ ਨੂੰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸਾਰੇ ਸਕੂਲ ਪ੍ਰਬੰਧਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਸੰਕਰਮਣ ਦੇ ਖਤਰੇ ਨੂੰ ਰੋਕਿਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਮੁਖੀਆਂ ਤੋਂ ਪ੍ਰਤੀਕਰਮ ਲਏ ਸੀ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਮੁਖੀਆਂ ਨੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਈ ਅੰਤਮ ਸਮੀਖਿਆ ਤੋਂ ਪਹਿਲਾਂ ਮੁੜ ਸਕੂਲ ਖੋਲਣ ਦੀ ਬੇਨਤੀ ਕੀਤੀ ਸੀ।
ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਅਸਲ ਕੋਰੋਨਾ ਯੋਧਾ ਵਜੋਂ ਕਾਰਜ ਕਰਨ ਵਾਲੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ 7 ਨਵੰਬਰ ਨੂੰ ਇੱਕ ਮੈਗਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਮੌਕੇ ‘ਮਿਸ਼ਨ ਸਤ ਪ੍ਰਤੀਸ਼ਤ’ ਦੀ ਸ਼ੁਰੂਆਤ ਕੀਤੀ ਸੀ। ਇਸ ਐਲਾਨ ਤੋਂ ਬਾਅਦ ਸਮੁੱਚਾ ਸਿੱਖਿਆ ਵਿਭਾਗ ਖਾਸਕਰ ਸਕੂਲਾਂ ਦੇ ਅਧਿਆਪਕ ਮੁੱਖ ਮੰਤਰੀ ਦੇ ਸੁਫ਼ਨੇ ਨੂੰ ਹਕੀਕਤ ਵਿੱਚ ਬਦਲਣ ਲਈ ਪੂਰੀ ਤਰਾਂ ਜੁਟ ਗਏ ਹਨ।