top of page
  • globalnewsnetin

ਖੇਤੀਬਾੜੀ ਯੂਨੀਵਰਸਿਟੀ ਵਿਖੇ ਕਰਵਾਈ ਆਪਣੀ ਤਰ੍ਹਾਂ ਦੀ ਪਹਿਲੀ ਸਰਕਾਰ-ਕਿਸਾਨ ਮਿਲਣੀ ਨੂੰ ਭਰਵਾਂ ਹੁੰਗਾਰਾ


ਲੁਧਿਆਣਾ, : ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਖੇਤੀਬਾੜੀ ਦੇ ਖੇਤਰ ਵਿੱਚ ਨਵੇਂ ਤਜਰਬੇ ਕਰਨ ਦੀ ਵਕਾਲਤ ਕੀਤੀ। ‘ਸਰਕਾਰ-ਕਿਸਾਨ ਮਿਲਣੀ’ ਦੀ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ, ਜਿਸ ਨੂੰ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਵਿਖੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋਣ ਅਤੇ ਮੁਨਾਫ਼ਾ ਘਟਣ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨ ਅੱਜ ਫੈਸਲਾਕੁਨ ਮੋੜ ਉਤੇ ਹਨ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਇੱਕੋ-ਇੱਕ ਉਦੇਸ਼ ਫੈਸਲਾ ਲੈਣ ਵਾਲਿਆਂ ਅਤੇ ਸਾਰੇ ਭਾਈਵਾਲ਼ਾਂ ਵਿਚਕਾਰ ਪਾੜੇ ਨੂੰ ਘਟਾਉਣਾ ਹੈ ਤਾਂ ਜੋ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਭਗਵੰਤ ਮਾਨ ਨੇ ਕਿਸਾਨਾਂ ਨੂੰ ਖੇਤੀ ਦੇ ਰਵਾਇਤੀ ਤਰੀਕਿਆਂ ਨੂੰ ਤਿਆਗ ਕੇ ਵੱਧ ਤੋਂ ਵੱਧ ਮੁਨਾਫ਼ਾ ਕਮਾਉਣ ਲਈ ਅਤਿ-ਆਧੁਨਿਕ ਤਕਨੀਕਾਂ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ।

0 comments
bottom of page