top of page
  • globalnewsnetin

ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ਵਿੱਚ ਰੈੱਡ ਅਲਰਟ ਜਾਰੀ


ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਰਹੱਦੀ ਸੂਬੇ ਪੰਜਾਬ ਵਿੱਚ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲਿ੍ਹਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤੇ ਗਏ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

0 comments
bottom of page