top of page
  • globalnewsnetin

ਝੋਨੇ ਦੇ ਅਗਲੇ ਸੀਜਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ


ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਕੋਈ ਠੋਸ ਹੱਲ ਕੱਢਣ ਲਈ ਪਹਿਲਾਂ ਹੀ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਨਾਲ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 1.20 ਲੱਖ ਮਸੀਨਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰ ਭਾਰਤ ਦੀ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੂੰ ਸਾਰੇ ਪ੍ਰਭਾਵਿਤ ਸੂਬਿਆਂ ਵੱਲੋਂ ਇਸ ਮਾਮਲੇ ਦੇ ਸਾਂਝੇ ਹੱਲ ਲਈ ਦਖਲ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਪਣਾਉਣ ਲਈ ਉਤਸਾਹਿਤ ਕਰ ਰਹੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨਾਂ ਫਸਲਾਂ ਲਈ ਲਾਹੇਵੰਦ ਸਮਰਥਨ ਮੁੱਲ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਅਪਣਾਉਣ ਲਈ ਉਤਸਾਹਿਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੱਢਣ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ 10-12 ਦਿਨ ਦਾ ਸਮਾਂ ਮਿਲਦਾ ਹੈ। ਉਨਾਂ ਕਿਹਾ ਕਿ ਕੋਈ ਸਾਰਥਕ ਬਦਲ ਨਾ ਹੋਣ ਕਾਰਨ ਕਿਸਾਨ ਮਜਬੂਰਨ ਪਰਾਲੀ ਨੂੰ ਤੀਲੀ ਨਾਲ ਅੱਗ ਲਾਉਣ ‘ਤੇ ਨਿਰਭਰ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਇਸ ਦਾ ਹੱਲ ਕਰ ਦੇਵੇ ਤਾਂ ਕਿਸਾਨ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਹਜਾਰਾਂ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੇ ਮਤੇ ਪਾਸ ਕੀਤੇ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਇਨਾਂ ਕਿਸਾਨਾਂ ਨੂੰ ਉਤਸਾਹਿਤ ਕੀਤਾ ਹੈ। ਉਨਾਂ ਕਿਹਾ ਕਿ ਦੇਸ ਨੂੰ ਇਸ ਗੱਲ ਦਾ ਮਾਣ ਮਹਿਸੂਸ ਹੁੰਦਾ ਹੈ ਹਰੇਕ ਸਾਲ ਫਸਲ ਦੀ ਬੰਪਰ ਪੈਦਾਵਾਰ ਸਦਕਾ ਅੰਨ ਭੰਡਾਰ ਨੱਕੋ-ਨੱਕ ਭਰੇ ਜਾਂਦੇ ਹਨ। ਉਂਜ, ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਸ ਸਚਾਈ ਨੂੰ ਭੁੱਲ ਜਾਂਦੇ ਹਾਂ ਕਿ ਇਸ ਨਾਲ ਝੋਨੇ ਦੀ ਪਰਾਲੀ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਇਆ ਹੈ।

0 comments
bottom of page