top of page
  • globalnewsnetin

ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ


ਐਸ.ਏ.ਐਸ. ਨਗਰ, : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ। ਇਹ ਗੱਲ ਉਨ੍ਹਾਂ ਇੱਥੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕਹੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨਿੱਜੀ ਤੌਰ ਉੱਤੇ ਖੇਡਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਗੁਜਰਾਤ ਵਿਖੇ ਅਗਲੇ ਮਹੀਨੇ ਹੋਣ ਵਾਲੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖੇਡ ਦਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਖੇਡ ਮੰਤਰੀ ਮੀਤ ਹੇਅਰ ਨੇ ਸੂਬਾ ਸਰਕਾਰ ਵੱਲੋਂ ਐਸੋਸੀਏਸ਼ਨ ਨੂੰ ਖੇਡ ਦਲ ਲਈ 50 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਹੋਰ ਸਹਾਇਤਾ ਲਈ ਮੁੱਖ ਮੰਤਰੀ ਨਾਲ ਗੱਲ ਕਰਨ ਦਾ ਵਿਸ਼ਵਾਸ ਦਿਵਾਇਆ।


ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ ਜਿਸ ਵਿੱਚ ਖਿਡਾਰੀਆਂ ਲਈ ਨਗਦ ਇਨਾਮ, ਨੌਕਰੀ ਦੇਣੀ, ਛੋਟੀ ਉਮਰ ਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਉੱਤੇ ਜ਼ੋਰ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਜਿਸ ਦਾ 29 ਅਗਸਤ ਨੂੰ ਮੁੱਖ ਮੰਤਰੀ ਜਲੰਧਰ ਵਿਖੇ ਉਦਘਾਟਨ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ ਜਿਸ ਤੋਂ ਬਾਅਦ ਸੂਬਾ ਪੱਧਰੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਪੂਲ ਬਣ ਜਾਵੇਗਾ ਜੋ ਅਗਾਂਹ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੱਲਾਂ ਮਾਰਨਗੇ।ਇਸ ਟੂਰਨਾਮੈਂਟ ਦਾ ਮਕਸਦ ਪੰਜਾਬ ਵਿੱਚ ਖਿਡਾਰੀਆਂ ਵਿਚਲੀ ਪ੍ਰਤਿਭਾ ਤੇ ਹੁਨਰ ਦੀ ਤਲਾਸ਼ ਕਰਨਾ ਹੈ।ਉਨ੍ਹਾਂ ਪੰਜਾਬ ਓਲੰਪਿਕ ਐਸੋਸੀਏਸ਼ਨ ਅਤੇ ਸਾਰੀਆਂ ਖੇਡ ਐਸੋਸੀਏਸ਼ਨਾਂ ਨੂੰ ਸੱਦਾ ਪੱਤਰ ਵੀ ਦਿੱਤਾ।

0 comments
bottom of page