top of page
  • globalnewsnetin

ਮੁੱਖ ਮੰਤਰੀ ਨੇ ਅਰਬਨ ਅਸਟੇਟ 'ਚ 16 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ


ਸੰਤ ਪ੍ਰੇਮ ਸਿੰਘ ਲੁਬਾਣਾ ਵੈੱਲਫੇਅਰ ਸੁਸਾਇਟੀ ਭਵਨ ਦੇ ਨਿਰਮਾਣ ਲਈ 51 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ

ਸ੍ਰੀ ਗੁਰੂ ਰਵਿਦਾਸ ਭਵਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ

ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਮੁੱਖ ਮੰਤਰੀ ਦਾ ਗੋਲਡ ਮੈਡਲ ਨਾਲ ਸਨਮਾਨ

ਜਲੰਧਰ, : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਅਰਬਨ ਸਟੇਟ ਫੇਜ਼-1 ਵਿਖੇ 16 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ, ਜਿਨ੍ਹਾਂ ਵਿੱਚ ਡਿਊਲ ਕੈਰਿਜ ਰੇਲਵੇ ਅੰਡਰਬ੍ਰਿਜ ਤੇ ਨਾਲ ਲੱਗਦੀਆਂ ਸੜਕਾਂ ਦਾ ਨਿਰਮਾਣ ਸ਼ਾਮਲ ਹੈ। ਇਸ ਤੋਂ ਇਲਾਵਾ ਉਨ੍ਹਾਂ ਸੰਤ ਪ੍ਰੇਮ ਸਿੰਘ ਲੁਬਾਣਾ ਵੈੱਲਫੇਅਰ ਸੁਸਾਇਟੀ ਭਵਨ ਦੀ ਉਸਾਰੀ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਵੀ ਕੀਤਾ, ਜਿਸ ਵਿੱਚੋਂ 51 ਲੱਖ ਰੁਪਏ ਦਾ ਚੈੱਕ ਸੁਸਾਇਟੀ ਨੂੰ ਮੌਕੇ 'ਤੇ ਸੌਂਪਿਆ।


ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਲੁਬਾਣਾ ਭਾਈਚਾਰੇ ਵੱਲੋਂ ਦੇਸ਼ ਖਾਸ ਕਰਕੇ ਪੰਜਾਬ ਵਿੱਚ ਸਮਾਜਿਕ ਜਾਗਰੂਕਤਾ ਅਤੇ ਆਰਥਿਕ ਖੁਸ਼ਹਾਲੀ ਲਿਆਉਣ ਲਈ ਪਾਏ ਗਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਸਾਇਟੀ ਨੂੰ ਭਵਨ ਦੇ ਨਾਲ ਲੱਦਗੀ 600 ਵਰਗ ਫੁੱਟ ਜਗ੍ਹਾ ਵੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਅਰਬਨ ਸਟੇਟ ਵਿਖੇ ਸ੍ਰੀ ਗੁਰੂ ਰਵਿਦਾਸ ਭਵਨ ਦੇ ਨਿਰਮਾਣ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।

ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਇਕ ਕਰੋੜ ਰੁਪਏ ਦਾ ਚੈਕ ਸੌਂਪਿਆ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ ਗੁਰੂ ਰਵਿਦਾਸ ਮੰਦਿਰ ਪ੍ਰਬੰਧਕ ਕਮੇਟੀ ਪੰਜਾਬ ਫਗਵਾੜਾ ਅਤੇ ਗੁਰੂ ਰਵਿਦਾਸ ਐਜੂਕੇਸ਼ਨਲ ਅਤੇ ਚੈਰੀਟੇਬਲ ਟਰੱਸਟ ਜਲੰਧਰ ਨੂੰ 51-51 ਲੱਖ ਰੁਪਏ ਦੇ ਚੈਕ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਦੇ ਹੋਏ ਉਨ੍ਹਾਂ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਤਹਿਤ ਆਮ ਲੋਕਾਂ ਖਾਸ ਕਰਕੇ ਸਮਾਜ ਦੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਵਿਖੇ ਸ੍ਰੀਮਦ ਭਾਗਵਦ ਗੀਤਾ ਅਤੇ ਰਮਾਇਣ ਸਬੰਧੀ ਅਧਿਐਨ ਕੇਂਦਰ ਜਲਦ ਸ਼ੁਰੂ ਕੀਤੇ ਜਾ ਰਹੇ ਹਨ।

ਇਸ ਮੌਕੇ ਸਤਿਗੁਰੂ ਰਵਿਦਾਸ ਧਾਮ ਅਥਾਰਟੀ ਵੱਲੋਂ ਮੁੱਖ ਮੰਤਰੀ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ 12 ਆਗੂਆਂ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ ਹੋਰਨਾਂ ਆਗੂਆਂ ਤੋਂ ਇਲਾਵਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਖੇਡਾਂ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੋਂ ਇਲਾਵਾ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਹੁਸਨ ਲਾਲ, ਸਪੈਸ਼ਲ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਰਵੀ ਭਗਤ, ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਚੇਅਰਮੈਨ ਪੰਜਾਬ ਸਟੇਟ ਬੋਰਡ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮਹਿੰਦਰ ਸਿੰਘ ਕੇ.ਪੀ. ਵੀ ਮੌਜੂਦ ਸਨ।

0 comments
bottom of page