top of page
  • globalnewsnetin

ਮੁੱਖ ਮੰਤਰੀ ਨੇ ਫਾਜ਼ਿਲਕਾ ਵਿਖੇ 578.28 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ਅਧਾਰਤ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ


ਫਾਜ਼ਿਲਕਾ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ 578.28 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਸਫਾਈ, ਭੰਡਾਰਨ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰਾਜੈਕਟ ਦਾ ਰਸਮੀ ਤੌਰ ਉਤੇ ਨੀਂਹ ਪੱਥਰ ਰੱਖਿਆ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਦੇ ਧਰਤੀ ਹੇਠਲੇ ਪਾਣੀ ਵਿੱਚ ਟੀ.ਡੀ.ਐਸ ਅਤੇ ਹੋਰ ਭਾਰੀ ਤੱਤ ਕਾਫੀ ਮਾਤਰਾ ਵਿੱਚ ਮੌਜੂਦ ਹਨ, ਜੋ ਕਿ ਹੈਪੇਟਾਈਟਸ ਸੀ, ਕੈਂਸਰ, ਚਮੜੀ ਰੋਗ ਆਦਿ ਘਾਤਕ ਬਿਮਾਰੀਆਂ ਦਾ ਮੁੱਖ ਕਾਰਨ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ ‘ਤੇ ਬੱਲੂਆਣਾ ਹਲਕੇ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਵਿੱਚ ਪ੍ਰਾਜੈਕਟ ਲਗਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪ੍ਰਾਜੈਕਟ ਅਬੋਹਰ, ਖੂਹੀਆਂ ਸਰਵਰ, ਅਰਨੀਵਾਲਾ ਅਤੇ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਦੇ 122 ਪਿੰਡਾਂ ਅਤੇ 15 ਢਾਣੀਆਂ (ਹੈਮਲੇਟ) ਨੂੰ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ‘ਤੇ 79,190 ਘਰਾਂ ਦੀ 4,75,144 ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਨਿਰੋਲ ਨਹਿਰੀ ਪਾਣੀ ‘ਤੇ ਅਧਾਰਤ ਹੈ, ਜੋ ਕਿ 68 ਐਮ.ਐਲ.ਡੀ ਦੀ ਸਮਰੱਥਾ ਵਾਲਾ ਹੈ ਅਤੇ ਇਸ ਨੂੰ ਗੰਗ ਕੈਨਾਲ ਤੋਂ ਪਾਣੀ ਮਿਲੇਗਾ। ਇਹ ਪ੍ਰਾਜੈਕਟ ਸਿਰਫ 30 ਮਹੀਨਿਆਂ ਦੇ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਂਕਿ ਹਰ ਘਰ ਤੱਕ ਪੀਣ ਵਾਲਾ ਸੁੱਧ ਪਾਣੀ ਮੁਹੱਈਆ ਕਰਵਾਉਣ ਲਈ ਲਾਰਸਨ ਐਂਡ ਟੂਬਰੋ ਵੱਲੋਂ ਲਗਭਗ 750 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾਵੇਗੀ ਅਤੇ 21 ਜਲ ਸਪਲਾਈ ਸਕੀਮਾਂ ਸਥਾਪਿਤ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਫਾਈ ਅਤੇ ਭੰਡਾਰਨ ਅਤੇ ਹੋਰ ਉਦੇਸਾਂ ਲਈ ਪ੍ਰਾਜੈਕਟ ਵਾਲੇ ਸਥਾਨ ‘ਤੇ ਐਸ ਐਂਡ ਐਸ ਟੈਂਕ, ਕਲੈਰੀਫਲੋਕੁਲੇਟਰ, ਫਿਲਟਰ ਹਾਊਸ, ਪੰਪ ਹਾਊਸ ਅਤੇ ਕਲੀਅਰ ਵਾਟਰ ਟੈਂਕ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੇਸ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰਾਜੈਕਟ ਹੈ, ਜਿਸ ਦਾ ਉਦੇਸ ਵਸਨੀਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਪ੍ਰਾਜੈਕਟ ਲੋਕਾਂ ਦੀ ਕਿਸਮਤ ਬਦਲ ਦੇਵੇਗਾ।

ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਮਹਿਲਾਵਾਂ ਨੂੰ ਅੱਗੇ ਆਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਵਿੱਚ ਕੁਦਰਤੀ ਤੌਰ ‘ਤੇ ਆਪਣੇ ਘਰ ਦੀ ਆਰਥਿਕਤਾ ਨੂੰ ਸੁਚੱਜੇ ਢੰਗ ਨਾਲ ਯੋਜਨਾਬੱਧ ਕਰਨ ਦੀ ਪ੍ਰਵਿਰਤੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਸਾਕਾਰਾਤਮਕ ਦਿਸਾ ਵਿੱਚ ਚੀਜਾਂ ਦੀ ਬਿਹਤਰ ਯੋਜਨਾ ਅਤੇ ਰਣਨੀਤੀ ਬਣਾ ਸਕਦੀਆਂ ਹਨ ਅਤੇ ਇਹ ਸਮਾਜ ਲਈ ਬਹੁਤ ਲਾਹੇਵੰਦ ਹੋ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸਰਕਾਰ ਨੇ ਇਸ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਮਹਿਲਾ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ ਤਾਂ ਜੋ ਸੂਬੇ ਅਤੇ ਖਾਸ ਕਰਕੇ ਜ਼ਿਲ੍ਹੇ ਦੇ ਸਮਾਜਿਕ ਆਰਥਿਕ ਵਿਕਾਸ ਵਿੱਚ ਮਹਿਲਾਵਾਂ ਨੂੰ ਸਰਗਰਮ ਭਾਗੀਦਾਰ ਬਣਨ ਲਈ ਉਤਸਾਹਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਮਹਿਲਾਵਾਂ ਨੂੰ 12 ਟਿਕਟਾਂ ਅਲਾਟ ਕੀਤੀਆਂ ਗਈਆਂ ਸਨ ਅਤੇ ਇਨ੍ਹਾਂ ਸਾਰਿਆਂ ਨੇ ਭਾਰੀ ਫਤਵਾ ਲੈ ਕੇ ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਮਹਿਲਾਵਾਂ ਸਮਾਜ ਵਿੱਚ ਲੋੜੀਂਦੇ ਬਦਲਾਅ ਲਿਆਉਣ ਲਈ ਤਬਦੀਲੀ ਦੇ ਉਤਪ੍ਰੇਰਕ ਵਜੋਂ ਕੰਮ ਕਰਨ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਪੰਜਾਬ ਜਲਦ ਹੀ ਹਰ ਖੇਤਰ ਵਿੱਚ ਦੇਸ ਦਾ ਮੋਹਰੀ ਸੂਬਾ ਬਣੇਗਾ।

ਇੱਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਿਸਾਨਾਂ ਲਈ ਨਰਮੇ ਦੀ ਫਸਲ ਵਾਸਤੇ ਨਹਿਰੀ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਚੋਰੀ ਨੂੰ ਰੋਕਣ ਲਈ ਪੁਲਿਸ ਤਾਇਨਾਤ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਕਿਸਾਨ ਨੂੰ ਆਪਣੀ ਵਾਰੀ ਅਨੁਸਾਰ ਪਾਣੀ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਦੋ ਮਹੀਨਿਆਂ ਅੰਦਰ ਸੂਬੇ ਦੀ ਸਮੁੱਚੇ ਨਹਿਰੀ ਪ੍ਰਣਾਲੀ ਦੀ ਸਫਾਈ ਕਰਨ ਦੇ ਨਿਰਦੇਸ ਦੇ ਚੁੱਕੇ ਹਨ।

0 comments
bottom of page