top of page
  • globalnewsnetin

ਮੁੱਖ ਮੰਤਰੀ ਨੇ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 23 ਕਰੋੜ ਰੁਪਏ ਦੇ ਚੈੱਕ ਸੌਂਪੇ


ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲ ਮੁਆਫ ਕਰਨ ਦਾ ਐਲਾਨ

'ਗਊਧਨ' ਦੀ ਸੁਚੱਜੀ ਸੰਭਾਲ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, :ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਅਤੇ ਕੀਮਤੀ 'ਗਊਧਨ' ਦੀ ਸੰਭਾਲ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੂਬੇ ਦੀਆਂ 457 ਰਜਿਸਟਰਡ ਗਊਸ਼ਾਲਾਵਾਂ ਨੂੰ 5-5 ਲੱਖ ਰੁਪਏ (ਕੁੱਲ 23 ਕਰੋੜ ਰੁਪਏ) ਦੇ ਚੈੱਕ ਸੌਂਪਣ ਤੋਂ ਇਲਾਵਾ ਇਨ੍ਹਾਂ ਗਊਸ਼ਾਲਾਵਾਂ ਦੇ 19 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਨੂੰ ਮੁਆਫ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਸ ਮੌਕੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਬਿਹਤਰ ਢੰਗ ਨਾਲ 'ਗਊਧਨ' ਦੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਜਿਨ੍ਹਾਂ ਦਾ ਸਹੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਗੱਲ ਨੂੰ ਦੁਹਰਾਉਂਦਿਆਂ ਕਿ ਗਊਸ਼ਾਲਾਵਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ, ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਗਊਸ਼ਾਲਾਵਾਂ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਣਾ ਚਾਹੀਦਾ ਹੈ। ਚੰਨੀ ਨੇ ਕਿਹਾ, "ਸੜਕਾਂ 'ਤੇ ਕੋਈ ਵੀ ਅਵਾਰਾ ਗਊ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਗਊਧਨ ਸੜਕਾਂ 'ਤੇ ਹੈ ਤਾਂ ਉਸ ਨੂੰ ਗਊਸ਼ਾਲਾਵਾਂ ਦੀ ਦੇਖ-ਰੇਖ ਹੇਠ ਲਿਆਂਦਾ ਜਾਵੇ।" ਉਹਨਾਂ ਅੱਗੇ ਕਿਹਾ ਕਿ ਇਸ ਨਾਲ ਹਾਦਸਿਆਂ ਦੀ ਗਿਣਤੀ ਵੀ ਘਟੇਗੀ।

ਉਨ੍ਹਾਂ ਨੇ 'ਗਊਮਾਤਾ’ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਨਾਲ-ਨਾਲ ਵੱਖ-ਵੱਖ ਗਊਸ਼ਾਲਾ ਪ੍ਰਬੰਧਕ ਕਮੇਟੀਆਂ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਗਊ ਸੇਵਾ ਪੂਜਾ ਦਾ ਇਕ ਉਤਮ ਰੂਪ ਹੈ ਅਤੇ ਉਨ੍ਹਾਂ ਨੇ ਗਊਧਨ ਦੀ ਸੁਚੱਜੀ ਦੇਖ-ਭਾਲ ਲਈ ਵੱਖ-ਵੱਖ ਗਊਸ਼ਾਲਾ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬਿਜਲੀ ਦੇ ਬਿੱਲਾਂ ਨੂੰ ਘਟਾਉਣ ਲਈ ਗਊਸ਼ਾਲਾਵਾਂ ਵਿੱਚ ਸੋਲਰ ਪੈਨਲਾਂ ਦੀ ਵਰਤੋਂ ਕਰਨ ਦੀ ਵੀ ਵਕਾਲਤ ਕੀਤੀ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸਿਰਫ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੀ ਗਊਸ਼ਾਲਾਵਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਚਿੰਤਾ ਪ੍ਰਗਟਾਈ ਹੈ ਅਤੇ ਉਹਨਾਂ ਨੇ 'ਗਊਧਨ' ਲਈ ਅਥਾਹ ਸਤਿਕਾਰ ਦਿਖਾਇਆ ਹੈ।

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਹੁਣ ਤੱਕ 150 ‘ਗਊ ਭਲਾਈ’ ਕੈਂਪ ਲਗਾਏ ਜਾ ਚੁੱਕੇ ਹਨ ਤਾਂ ਜੋ ਗਊਮਾਤਾ ਦੀ ਸਿਹਤ ਅਤੇ ਸਫਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਗਊਸ਼ਾਲਾਵਾਂ ਦੀ ਸੁਚੱਜੀ ਸਾਂਭ-ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਹਾਜ਼ਰ ਸਨ।

0 comments
bottom of page