top of page
  • globalnewsnetin

ਮੁੱਖ ਮੰਤਰੀ ਵੱਲੋਂ ਕੁਦਰਤ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਹੌਸਲਾ ਰੱਖਣ ਦੀ ਅਪੀਲ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਮੀਂਹ ਅਤੇ ਗੜ੍ਹੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਿਰਦਾਵਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਨੂੰ ਹਰ ਤਰ੍ਹਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨ੍ਹਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।

0 comments
bottom of page