top of page
  • globalnewsnetin

ਮੁੱਖ ਮੰਤਰੀ ਵੱਲੋਂ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਦਰਮਿਆਨ ਦੂਰੀ ਘਟਾਉਣ ਦੀ ਮੰਗ


ਫਰੀਦਾਬਾਦ,- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸੂਬੇ ਵਿੱਚ ਭਾਰਤ-ਪਾਕਿਸਤਾਨ ਦਰਮਿਆਨ ਅੰਤਰਰਾਸ਼ਟਰੀ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਨਾਲ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹਮਦਰਦੀ ਨਾਲ ਵਿਚਾਰਨ ਦੀ ਅਪੀਲ ਕੀਤੀ।

ਅੱਜ ਇੱਥੇ ਗ੍ਰਹਿ ਮੰਤਰੀਆਂ ਦੀ ਕੌਮੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਕੰਡਿਆਲੀ ਤਾਰ ਅਤੇ ਅਸਲ ਸਰਹੱਦ ਵਿਚਕਾਰ ਦੂਰੀ ਨੂੰ ਘਟਾਉਣ ਦੀ ਅਪੀਲ ਕੀਤੀ ਤਾਂ ਜੋ ਤਾਰ ਦੇ ਪਾਰ ਆਪਣੀ ਜ਼ਮੀਨ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਦੂਰੀ ਮੌਜੂਦਾ ਇਕ ਕਿਲੋਮੀਟਰ ਦੀ ਬਜਾਏ 150-200 ਮੀਟਰ ਤੱਕ ਘਟਾ ਦਿੱਤੀ ਜਾਵੇ ਤਾਂ ਜੋ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਪਾਸੇ ਜ਼ਮੀਨ ਦੀ ਸੁਚੱਜੀ ਵਰਤੋਂ ਯਕੀਨੀ ਬਣੇਗੀ ਅਤੇ ਦੂਜੇ ਪਾਸੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ।

ਇੱਕ ਹੋਰ ਮੁੱਦੇ ਨੂੰ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਪਠਾਨਕੋਟ ਵਿਖੇ ਕੌਮੀ ਸੁਰੱਖਿਆ ਗਾਰਡਜ਼ (ਐਨ.ਐਸ.ਜੀ.) ਦਾ ਖੇਤਰੀ ਕੇਂਦਰ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਠਾਨਕੋਟ ਏਅਰਬੇਸ 'ਤੇ ਹਮਲੇ ਦੌਰਾਨ ਗੁੜਗਾਓਂ ਤੋਂ ਐਨ.ਐਸ.ਜੀ. ਨੂੰ ਰਵਾਨਾ ਕੀਤਾ ਗਿਆ ਸੀ ਜਿਸ ਵਿਚ ਕਾਫੀ ਸਮਾਂ ਲੱਗਾ ਸੀ। ਭਗਵੰਤ ਮਾਨ ਨੇ ਕਿਹਾ ਕਿ ਪਠਾਨਕੋਟ ਵਿਖੇ ਐਨ.ਐਸ.ਜੀ. ਕੇਂਦਰ ਦੀ ਸਥਾਪਨਾ ਨਾਲ ਪੂਰੇ ਉੱਤਰੀ ਖੇਤਰ ਵਿੱਚ ਅੱਤਵਾਦ ਦੀਆਂ ਗਤੀਵਿਧੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ।

ਪੰਜਾਬ ਨਾਲ 553 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਲਗਦੀ ਹੋਣ ਕਰਕੇ ਇਸ ਨੂੰ ਸੰਵੇਦਨਸ਼ੀਲ ਸੂਬਾ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਸੂਬੇ ਨੂੰ ਮੌਜੂਦਾ ਕੈਟਾਗਰੀ-ਬੀ ਦੀ ਬਜਾਏ ਕੈਟਾਗਰੀ-ਏ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।

0 comments
bottom of page