top of page
  • globalnewsnetin

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ


ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੀ ਕਾਇਆ-ਕਲਪ ਕਰਨ ਲਈ ਕੁੱਲ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਨੇ 84 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵੇਰਕਾ ਦਾ ਆਟੋਮੈਟਿਕ ਫਰਮੈਂਟਿਡ ਦੁੱਧ ਉਤਪਾਦਨ ਪਲਾਂਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ। ਇਸੇ ਤਰ੍ਹਾਂ ਉਨ੍ਹਾਂ ਬਸਤੀ ਦਾਨਿਸ਼ਮੰਦਾਂ ਵਿੱਚ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਮਾਰਟ ਸਕੂਲ ਦਾ ਵਰਚੂਅਲ ਮਾਧਿਅਮ ਰਾਹੀਂ ਉਦਘਾਟਨ ਵੀ ਕੀਤਾ। ਭਗਵੰਤ ਮਾਨ ਨੇ ਸ਼ਹਿਰ ਦੇ ਲੈਦਰ ਕੰਪਲੈਕਸ ਵਿੱਚ ਸੜਕਾਂ ਤੇ ਸਟਰੀਟ ਲਾਈਟਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਨੂੰ ਆਉਣ ਵਾਲੇ ਦਿਨਾਂ ਵਿੱਚ ਆਦਰਸ਼ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸ਼ਹਿਰ ਵਿੱਚ ਖੇਡ ਸਨਅਤ ਨੂੰ ਵੀ ਗਤੀ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਫ਼ਸਲ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ 75 ਫੀਸਦੀ ਤੋਂ ਵੱਧ ਫ਼ਸਲ ਦਾ ਨੁਕਸਨ ਹੋਇਆ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਇਹ ਮੁਆਵਜ਼ਾ 12 ਹਜ਼ਾਰ ਰੁਪਏ ਪ੍ਰਤੀ ਏਕੜ ਸੀ ਪਰ ਸਾਡੀ ਸਰਕਾਰ ਨੇ ਇਸ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੁਆਵਜ਼ਾ ਦੇਣ ਦੀ ਸਮੁੱਚੀ ਪ੍ਰਕਿਰਿਆ ਢਕਵੰਜ ਸੀ ਕਿਉਂਕਿ ਸਰਕਾਰਾਂ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਦੀਆਂ ਆਦੀ ਸਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਪਿਛਲੀਆਂ ਸਰਕਾਰਾਂ ਅੰਨਦਾਤਾ ਦੇ ਜ਼ਖ਼ਮਾਂ ਉਤੇ ਲੂਣ ਛਿੜਕਦੀਆਂ ਸਨ।

0 comments
bottom of page