top of page
  • globalnewsnetin

ਮੁੱਖ ਮੰਤਰੀ ਵੱਲੋਂ ਸੜਕਾਂ ਨੂੰ ਟੋਲ ਪਲਾਜ਼ਿਆਂ ਤੋਂ ਮੁਕਤ ਕਰਨ ਦੇ ਐਲਾਨ ਨਾਲ ਲੋਕਾਂ ਨੂੰ ਵੱਡੀ ਰਾਹਤ


ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ ਉਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ ‘ਤੇ ਬੋਝ ਪਾਉਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਤੋਂ ਨਿਜਾਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬੀਆਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜਾ ਦਾ ਠੇਕਾ ਖਤਮ ਹੋ ਚੁੱਕਾ ਹੈ ਪਰ ਕੰਪਨੀ ਇਸ ਨੂੰ ਵਧਾਉਣ ਲਈ ਕਈ ਢੰਗ-ਤਰੀਕੇ ਅਪਣਾ ਰਹੀ ਸੀ। ਉਨ੍ਹਾਂ ਕਿਹਾ ਕਿ ਕੰਪਨੀ ਨੇ ਕਰੋਨਾ ਮਹਾਂਮਾਰੀ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ 522 ਦਿਨਾਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਸਪੱਸਟ ਕਿਹਾ ਕਿ ਕੋਈ ਹੋਰ ਵਿਅਕਤੀ ਕੰਪਨੀ ਦੀਆਂ ਤਜਵੀਜ਼ਾਂ ਨਾਲ ਸਹਿਮਤ ਹੋ ਵੀ ਜਾਂਦਾ ਪਰ ਉਨ੍ਹਾਂ ਨੇ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਫੈਸਲਾ ਕੀਤਾ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਜਨਤਾ ਦੇ ਪੈਸੇ ਦੀ ਸਰੇਆਮ ਲੁੱਟ ਹੈ, ਇਸ ਲਈ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਅਤੇ ਲੋਕਾਂ ਦੀ ਭਲਾਈ ਲਈ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸੱਤਾ ਵਿੱਚ ਹੁੰਦੇ ਹਨ ਤਾਂ ਉਹ ਸਾਰੀਆਂ ਰਵਾਇਤਾਂ ਤੋੜ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਲੋਕਾਂ ਦੀ ਭਲਾਈ ਦੀ ਫਿਕਰ ਛੱਡ ਕੇ ਅਜਿਹੇ ਵਾਧੇ ਕਰ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਇਸ ਟੋਲ ਪਲਾਜਾ ਨੂੰ ਬੰਦ ਕਰਕੇ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਅਤੇ ਪ੍ਰੇਸਾਨੀ ਨੂੰ ਖਤਮ ਕਰਨ ਲਈ ਲੋਕ ਪੱਖੀ ਸਟੈਂਡ ਲਿਆ ਹੈ।

0 comments
bottom of page