top of page
  • globalnewsnetin

ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ 17 ਸੈਕਟਰ ਸਥਿਤ ਦਫ਼ਤਰਾਂ ਦਾ ਅਚਨਚੇਤ ਦੌਰਾ


ਦਫ਼ਤਰਾਂ ਦੀ ਕਾਰਜ ਪ੍ਰਣਾਲੀ ਦਾ ਲਿਆ ਜਾਇਜਾ

ਲੋਕ ਹਿੱਤ ‘ਚ ਦਬਾਅ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾ ਨਿਭਾਉਣ ਦੀ ਕੀਤੀ ਵਕਾਲਤ

ਚੰਡੀਗੜ੍ਹ, : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਚੰਡੀਗੜ੍ਹ ਸੈਕਟਰ-17 ਸਥਿਤ ਵਿਭਾਗ ਦੇ ਦਫਤਰਾਂ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਰਕਲ ਅਤੇ ਡਵੀਜ਼ਨ ਦਫ਼ਤਰਾਂ ਦੀਆਂ ਸਾਰੀਆਂ ਸ਼ਾਖਾਵਾਂ ਵਿੱਚ ਜਾ ਕੇ ਸਟਾਫ਼ ਦੀ ਹਾਜ਼ਰੀ ਦੀ ਜਾਂਚ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਵਿਭਾਗ ਦੇ ਸਰਕਲ ਅਤੇ ਡਵੀਜ਼ਨ ਦਫ਼ਤਰਾਂ ਦੇ ਪੱਤਰ-ਵਿਹਾਰ, ਲੇਖਾ ਅਤੇ ਡਰਾਇੰਗ ਸ਼ਾਖਾਵਾਂ ਦੇ ਕੰਮਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਨ੍ਹਾਂ ਸ਼ਾਖਾਵਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਫ਼ਤਰੀ ਕੰਮ-ਕਾਜ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਵੀ ਦਿੱਤੀ।

ਸ. ਹਰਭਜਨ ਸਿੰਘ ਈ.ਟੀ. ਓ. ਨੇ ਇਸੇ ਇਮਾਰਤ ਵਿੱਚ ਸਥਿਤ ਸਹਿਕਾਰਤਾ ਵਿਭਾਗ ਦੇ ਦਫ਼ਤਰਾਂ ਦਾ ਦੌਰਾ ਵੀ ਕੀਤਾ।

ਮੰਤਰੀ ਨੇ ਦਫ਼ਤਰਾਂ ਦੇ ਕਰਮਚਾਰੀਆਂ ਤੋਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਬਿਨਾਂ ਕਿਸੇ ਦਬਾਅ ਦੇ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਵਕਾਲਤ ਕਰਦਿਆਂ ਕਿਹਾ ਕਿ ਸਰਕਾਰੀ ਸੇਵਾ ਲੋਕ ਹਿੱਤ ‘ਚ ਕਰਨ ਨੂੰ ਯਕੀਨੀ ਬਣਾਇਆ ਜਾਵੇ।


ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸੇਵਾ ਕਰਨ ਦਾ ਸੱਦਾ ਦਿੱਦਿਆਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

0 comments
bottom of page