top of page
  • globalnewsnetin

ਸੂਬਾ ਸਰਕਾਰ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸੰਜੀਦਾ ਉਪਰਾਲੇ ਕੀਤੇ–ਰਾਜਪਾਲ


ਚੰਡੀਗੜ੍ਹ, : ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਕਿਹਾ ਕਿ ਬੀਤੇ ਇਕ ਸਾਲ ਵਿਚ ਸੂਬਾ ਸਰਕਾਰ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸੰਜੀਦਾ ਉਪਰਾਲੇ ਕੀਤੇ।

ਪੰਜਾਬ ਵਿਧਾਨ ਸਬਾ ਦੇ ਬਜਟ ਸੈਸ਼ਨ ਦੌਰਾਨ ਆਪਣੇ ਸੰਬਧੋਨ ਵਿਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੂੰ, ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਅਤੇ ਸਰਕਾਰ ਨੇ ਗੰਭੀਰ ਵਿੱਤੀ ਮੁਸ਼ਕਲਾਂ ਦੇ ਬਾਵਜੂਦ ਆਪਣੇ ਸਾਰੇ ਵਾਅਦੇ ਪੂਰੇ ਕਰਨ ਦੇ ਉਦੇਸ਼ ਨਾਲ ਸ਼ੁਰੂਆਤ ਕੀਤੀ। ਸ੍ਰੀ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਆਪਣੇ ਲੋਕਾਂ ਨੂੰ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਸ਼ੁਰੂ ਕੀਤਾ ਅਤੇ ਵਿਜੀਲੈਂਸ ਬਿਊਰੋ, ਪੰਜਾਬ ਨੇ 16 ਮਾਰਚ, 2022 ਤੋਂ 28 ਫਰਵਰੀ, 2023 ਤੱਕ ਦੇ ਸਮੇਂ ਦੌਰਾਨ 06 ਗਜ਼ਟਿਡ ਅਫਸਰਾਂ, 79 ਨਾਨ-ਗਜ਼ਟਿਡ ਅਫਸਰਾਂ ਅਤੇ 22 ਪ੍ਰਾਈਵੇਟ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ 83 ਟਰੈਪ ਕੇਸ ਦਰਜ ਕੀਤੇ ਹਨ, ਜੋ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜੇ ਗਏ ਸਨ।

ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਪਿਛਲੇ ਇਕ ਸਾਲ ਵਿੱਚ ਯੋਗ ਲਾਭਪਾਤਰੀਆਂ ਨੂੰ 26,797 ਨਿਯੁਕਤੀ ਪੱਤਰ ਵੰਡੇ ਜਾ ਚੁੱਕੇ ਹਨ।

ਸ੍ਰੀ ਪੁਰੋਹਿਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ 504 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਿੱਥੇ ਲੋਕ ਓ.ਪੀ.ਡੀ. ਦੀ ਸੁਵਿਧਾ ਦਾ ਲਾਭ ਉਠਾ ਰਹੇ ਹਨ ਅਤੇ ਮੁਫ਼ਤ ਜਾਂਚ ਕਰਵਾ ਰਹੇ ਹਨ। ਸ੍ਰੀ ਪੁਰੋਹਿਤ ਨੇ ਕਿਹਾ ਕਿ ਐਚ.ਐਮ.ਆਈ.ਐਸ. ਦੇ ਅੰਕੜਿਆਂ ਮੁਤਾਬਕ 99.24 ਫੀਸਦੀ ਸੰਸਥਾਗਤ ਡਲਿਵਰੀਆਂ ਨਾਲ ਤਿੰਨ ਮੋਹਰੀ ਸੂਬਿਆਂ ਵਿਚ ਪੰਜਾਬ ਦਾ ਨਾਮ ਦਰਜ ਹੈ ਅਤੇ ਸੂਬੇ ਵਿੱਚ ਨਵੇਂ ਜਨਮੇ ਬੱਚਿਆਂ ਦੀ ਮੌਤ ਦਰ ਪ੍ਰਤੀ ਹਜ਼ਾਰ 18 ਤੱਕ ਹੇਠਾਂ ਆਈ ਹੈ।

0 comments
bottom of page