top of page
  • globalnewsnetin

ਸਨਅਤਕਾਰਾਂ ਦੀ ਬਾਂਹ ਮਰੋੜਨ ਵਾਲਾ ਦੌਰ ਖ਼ਤਮ, ਹੁਣ ਸਰਕਾਰ ਸਨਅਤਕਾਰਾਂ ਨੂੰ ਸਹਿਯੋਗ ਦੇਣ ਦਾ ਕੰਮ ਕਰੇਗੀ: ਮੁੱਖ ਮੰਤਰੀ


ਜਲੰਧਰ, : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਇੱਥੇ ਉੱਘੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਾਂਗ ਹੁਣ ਕੋਈ ਵੀ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਨਅਤਾਂ ਦੀ ਸਹੂਲਤ ਲਈ ਪਹਿਲਾਂ ਹੀ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰ ਕੇ ਆਪਣੇ ਵੱਲੋਂ ਸਹਿਯੋਗ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਪੂਰੇ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸਾਰਥਿਕ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਨਅਤਕਾਰਾਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਕੋਸ਼ਿਸ਼ ਕਰੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਨਅਤੀ ਇਕਾਈਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹੋਰ ਸਨਅਤਾਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮਕਸਦ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਸਨਅਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਨੂੰ ਸੂਬੇ ਦੀ ਵਿਆਪਕ ਸਮਰੱਥਾ ਦਿਖਾਉਣ ਲਈ ਸਥਾਨਕ ਸਨਅਤ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ।

0 comments
bottom of page